ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2025
ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ Punjab Vigilance Bureau ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ ‘ਤੇ ਆਇਆ ਅਤੇ ਉਸਨੂੰ ਕਿਹਾ ਕਿ ਉਹ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਦੇਵੇਗਾ ਅਤੇ ਇਸ ਕੰਮ ਦੇ ਬਦਲੇ ਉਸ ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ ‘ਤੇ ਉਕਤ ਡਰਾਈਵਰ ਰਾਮ ਸਿੰਘ ਨੇ ਆਪਣੇ ਲਈ 5,000 ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਪੇਸ਼ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Punjab Vigilance ਵੱਲੋਂ 40000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ
ਇਹ ਵੀ ਪੜ੍ਹੋ: Vigilance Bureau ਦੇ ਉੱਡਣ ਦਸਤੇ ਨੇ PUNBUS ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ