ਯੈੱਸ ਪੰਜਾਬ
ਚੰਡੀਗੜ੍ਹ, 22 ਅਪ੍ਰੈਲ, 2025
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ Punjab Vigilance Bureau ਨੇ Bathinda ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ਤੇ ਹੀ 2500-2500 ਰੁਪਏ ਬਰਾਮਦ ਕਰ ਲਏ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।