ਯੈੱਸ ਪੰਜਾਬ
ਚੰਡੀਗੜ੍ਹ, 13 ਦਸੰਬਰ, 2024
Punjab Vigilance Bureau ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ Vikas Soni ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ‘ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।