ਯੈੱਸ ਪੰਜਾਬ
ਐਸ.ਏ.ਐਸ.ਨਗਰ, 10 ਅਕਤੂਬਰ, 2024
ਸਾਉਣੀ ਸੀਜਨ 2024-25 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿਕੱਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੇ ਕਾਰਜ ਸੁਚਾਰੂ ਢੰਗ ਨਾਲ ਚਲ ਰਹੇ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 2.16 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 1.55 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਦ ਕਿ 1.47 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ 24 ਘੰਟੇ ਦੇ ਅੰਦਰ-ਅੰਦਰ ਅਦਾਇਗੀ ਵੀ ਕੀਤੀ ਜਾਵੇਗੀ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਸੀਜਨ ਦੌਰਾਨ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਸਮਸੱਸਿਆ ਪੇਸ਼ ਆਉਣ ਤੇ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸਵੇਰੇ 9 ਵਜੇ ਤੋਂ ਰਾਤ ਦੇ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।
ਚੇਅਰਮੈਨ ਨੇ ਦੱਸਿਆ ਕਿ ਸਾਫ਼ਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰ. 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport0weexcel.in ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ।