ਯੈੱਸ ਪੰਜਾਬ
ਚੰਡੀਗੜ੍ਹ, 30 ਅਗਸਤ, 2024:
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ੁੱਕਰਵਾਰ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਮਗਰੋਂ ਆਪਣਾ ਪਹਿਲਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਨਗੇ।
ਅਕਾਲ ਤਖ਼ਤ ਵੱਲੋਂ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਅਤੇ ਉਸ ਨੂੰ ਆਪਣੇ ਗੁਨਾਹਾਂ ਦੀ ਖ਼ਿਮਾ ਜਾਚਨਾ ਲਈ 15 ਦਿਨ ਦਾ ਸਮਾਂ ਦਿੱਤੇ ਜਾਣ ਦੇ ਆਦੇਸ਼ ਦੇ ਚੰਦ ਘੰਟੇ ਬਾਅਦ ਹੀ ਇੱਕ ਟਵੀਟ ਰਾਹੀਂ ਸ: ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ‘ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖਿਮਾ ਜਾਚਨਾ ਕਰਾਂਗਾ ਜੀ।’
ਇਸੇ ਦੌਰਾਨ ਇਸ ਗੱਲ ’ਤੇ ਵੀ ਬਹਿਸ ਸ਼ੁਰੂ ਹੋ ਗਈ ਹੈ ਕਿ ਕੀ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਉਹਨਾਂ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣਾ ਚਾਹੀਦਾ ਹੈ?