Tuesday, January 7, 2025
spot_img
spot_img
spot_img
spot_img

ਕਿਸਾਨੀ ਸੰਘਰਸ਼ ਅਤੇ Jagjit Singh Dallewal ਦੇ ਮਰਨ ਵਰਤ ਨੂੰ ਲੈਕੇ Supreme Court ਦਾ ਰੁੱਖ ਕੇਂਦਰ ਸਰਕਾਰ ਦੇ ਵਕੀਲ ਵਰਗਾ: SKM

ਦਲਜੀਤ ਕੌਰ
ਚੰਡੀਗੜ੍ਹ/ਲੁਧਿਆਣਾ, 3 ਜਨਵਰੀ, 2025

ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਅਤੇ Jagjit Singh Dallewal ਦੇ ਮਰਨ ਵਰਤ ਨੂੰ ਲੈਕੇ ਦੇਸ਼ ਦੀ ਸਰਵ ਉੱਚ ਅਦਾਲਤ ਵਲੋਂ ਕੇਂਦਰ ਸਰਕਾਰ ਦੇ ਵਕੀਲ ਵਜੋਂ ਨਿਭਾਈ ਜਾ ਰਹੀ ਭੂਮਿਕਾ ਦਾ ਗੰਭੀਰ ਨੋਟਿਸ ਲੈਂਦਿਆਂ Supreme Court ਨੂੰ ਅਪੀਲ ਕੀਤੀ ਗਈ ਕਿ ਉਹ Jagjit Singh Dallewal ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕਰੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਰਵ ਉੱਚ ਅਦਾਲਤ ਪੱਖਪਾਤੀ ਰਵੱਈਏ ਸਬੰਧੀ ਸਵਾਲਾਂ ਦੇ ਘੇਰੇ ਵਿੱਚ ਹੋਵੇਗੀ।

ਉਪਰੋਕਤ ਭਾਵਨਾ ਅੱਜ ਜੋਗਿੰਦਰ ਸਿੰਘ ਉਗਰਾਹਾਂ, ਬਲਦੇਵ ਸਿੰਘ ਨਿਹਾਲਗੜ, ਰੁਲਦੂ ਸਿੰਘ ਮਾਨਸਾ ਤੇ ਸੁਖਦੇਵ ਸਿੰਘ ਅਰਾਈਆਂਵਾਲਾ ਦੀ ਪ੍ਰਧਾਨਗੀ ਹੇਠ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਇੱਕ ਮਤੇ ਦੇ ਰੂਪ ਵਿੱਚ ਪ੍ਰਗਟ ਕੀਤੀ ਗਈ।

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ 4 ਜਨਵਰੀ ਨੂੰ ਟੋਹਾਣਾ (ਹਰਿਆਣਾ) ਅਤੇ 9 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀਆਂ ਮਹਾਂ-ਪੰਚਾਇਤਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਮੋਗਾ ਮਹਾਂਪੰਚਾਇਤ ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਅੱਜ 5 ਮੈਂਬਰੀ ਪ੍ਰਬੰਧਕੀ ਟੀਮ, 7 ਮੈਂਬਰੀ ਸੰਚਾਲਨ ਕਮੇਟੀ ਦੇ ਨਾਲ ਨਾਲ ਤਿੰਨ ਮੈਂਬਰੀ ਪ੍ਰੈਸ ਕਮੇਟੀ ਦਾ ਗਠਨ ਕੀਤਾ ਗਿਆ। ਲਾਮਬੰਦੀ ਸਬੰਧੀ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੀਆਂ ਤਿਆਰੀਆਂ ਦੀ ਰਿਪੋਰਟ ਲਈ ਗਈ। ਕਿਸਾਨਾਂ ਦੀ ਲਾਮਬੰਦੀ ਦੇ ਲਿਹਾਜ਼ ਤੋਂ ਮੋਗਾ ਮਹਾਂਪੰਚਾਇਤ ਵਿਚ ਰਿਕਾਰਡ ਤੋੜ ਇਕੱਠ ਹੋਣ ਦੀ ਸੰਭਾਵਨਾ ਪ੍ਰਗਟ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 4 ਜਨਵਰੀ ਨੂੰ ਹਰਿਆਣਾ ਦੇ ਟੋਹਾਣਾ ਵਿਖੇ ਵੀ ਸੰਯੁਕਤ ਕਿਸਾਨ ਮੋਰਚਾ ਦੀ ਮਹਾਂ-ਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਵਲੋਂ ਖੇਤੀ ਮੰਡੀਕਰਨ ਦੇ ਕੌਮੀ ਖਰੜੇ ਨੂੰ ਰੱਦ ਕਰਨ ਸਬੰਧੀ ਆਏ ਬਿਆਨ ਦਾ ਸਵਾਗਤ ਕਰਦਿਆਂ ਮੀਟਿੰਗ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਇਸਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਕਾਰਪੋਰੇਟ ਪੱਖੀ ਖਰੜੇ ਸਬੰਧੀ ਆਪਣੀ ਨੀਤੀ ਸਪੱਸ਼ਟ ਕਰਨ ਦੀ ਅਪੀਲ ਵੀ ਕੀਤੀ ਗਈ।

ਇਸ ਦੇ ਨਾਲ ਹੀ ਮੀਟਿੰਗ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਡੈਮ ਸੇਫਟੀ ਐਕਟ ਵਿਰੁੱਧ ਵੀ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਪਾਸ ਕਰਨ ਸਬੰਧੀ ਮੰਨੀ ਹੋਈ ਮੰਗ ਨੂੰ ਪੂਰਾ ਕਰੇ। ਮੀਟਿੰਗ ਨੇ ਮੋਗਾ ਮਹਾਂਪੰਚਾਇਤ ਵਿਚ ਇਸ ਖਰੜੇ ਵਿਰੁੱਧ ਵਿਆਪਕ ਲਾਮਬੰਦੀ ਦੀ ਮੁਹਿੰਮ ਸ਼ੁਰੂ ਕਰਨ ਦੇ ਨਾਲ ਨਾਲ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਕਤੀ,ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਮਹੁੱਈਆ ਕਰਵਾਉਣ ਆਦਿ ਮੰਗਾਂ ਨੂੰ ਵੀ ਚੁੱਕਿਆ ਜਾਵੇਗਾ।

ਮੀਟਿੰਗ ਵਿੱਚ ਇੱਕ ਹੋਰ ਮਤਾ ਪਾਸ ਕਰਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਹਿਰਾਂ ਖਾਸ ਕਰਕੇ ਸਰਹਿੰਦ ਅਤੇ ਇੰਦਰਾ ਨਹਿਰ ਪੱਕੀਆਂ ਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਹਿਰਾਂ ਪੱਕੀਆਂ ਕਰਨ ਨਾਲ ਪਾਣੀ ਸਿੰਮਨ ਦਰ ਜ਼ੀਰੋ ਹੋ ਜਾਣ ਤੇ ਜ਼ਮੀਨ ਹੇਠਲੇ ਪਾਣੀ ਦੇ ਡੂੰਘਾ ਹੋ ਜਾਣ ਦਾ ਸੰਕਟ ਹੋਰ ਗੰਭੀਰ ਹੋ ਜਾਵੇਗਾ।

ਅੱਜ ਦੀ ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਜਗਮੋਹਨ ਸਿੰਘ ਪਟਿਆਲਾ, ਪ੍ਰੇਮ ਸਿੰਘ ਭੰਗੂ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿੱਲੋਂ, ਰੂਪ ਬਸੰਤ ਸਿੰਘ ਵੜੈਚ, ਸੁੱਖ ਗਿੱਲ ਮੋਗਾ, ਡਾ. ਸਤਨਾਮ ਸਿੰਘ ਅਜਨਾਲਾ, ਹਰਦੇਵ ਸਿੰਘ ਸੰਧੂ, ਹਰਵਿੰਦਰ ਸਿੰਘ ਟਿਵਾਣਾ, ਬਲਵਿੰਦਰ ਸਿੰਘ ਰਾਜੂ ਔਲਖ, ਹਰਵਿੰਦਰ ਸਿੰਘ, ਝੰਡਾ ਸਿੰਘ ਜੇਠੂਕੇ, ਰਾਮਿੰਦਰ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ, ਰਘਬੀਰ ਸਿੰਘ ਬੈਨੀਪਾਲ ਅਤੇ ਚਮਕੌਰ ਸਿੰਘ ਆਦਿ ਕਿਸਾਨ ਆਗੂ ਸ਼ਾਮਲ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ