ਯੈੱਸ ਪੰਜਾਬ
ਜਲੰਧਰ, ਸਤੰਬਰ 25, 2024:
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇੱਥੇ ਡਾ. ਬੀ.ਆਰ.ਅੰਬੇਡਕਰ ਚੌਕ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਅੱਗੇ ਸ਼ਰਧਾਂਜਲੀ ਭੇਟ ਕਰਦਿਆਂ ਮੰਤਰੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤੀ ਲੋਕਤੰਤਰ ਨੂੰ ਆਧਾਰ ਪ੍ਰਦਾਨ ਕੀਤਾ ਸੀ, ਜੋ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਉਭਰਿਆ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ।
ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿੱਚ ਮੰਤਰੀ ਵਜੋਂ ਜਲੰਧਰ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਅਤੇ ਉਹ ਜਲੰਧਰ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ।
ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਦੂਰਅੰਦੇਸ਼ੀ ਨੇ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਦਾ ਰਾਹ ਪੱਧਰਾ ਕੀਤਾ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਡਾ. ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਦੱਸਦਿਆਂ ਸ੍ਰੀ ਭਗਤ ਨੇ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਸਭ ਤੋਂ ਮਹਾਨ ਹਸਤੀਆਂ ਵਿੱਚੋਂ ਇੱਕ ਸਨ।
ਉਨ੍ਹਾਂ ਕਿਹਾ ਕਿ ਭਾਵੇਂ ਡਾ. ਅੰਬੇਡਕਰ ਸਾਧਾਰਣ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਲਈ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਸ਼ਖਸੀਅਤਾਂ ਵਿੱਚ ਸ਼ੁਮਾਰ ਕੀਤਾ।
ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ਼ ਕਮਜ਼ੋਰ ਵਰਗਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ।