ਯੈੱਸ ਪੰਜਾਬ
ਚੰਡੀਗੜ੍ਹ, ਅਗਸਤ 3, 2024:
ਨਰਮੇ ਦੀ ਫ਼ਸਲ ‘ਤੇ ਕੀਟਾਂ ਦੇ ਹਮਲੇ ਸਬੰਧੀ ਜ਼ਮੀਨੀ ਪੱਧਰ ਉੱਤੇ ਸਥਿਤੀ ਜਾਣਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੇ ਖੇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸ ਜ਼ਿਲ੍ਹੇ ਦੇ ਪਿੰਡਾਂ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂ ਵਾਲੀ ਵਿਖੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਹਾਲ ਹੀ ਵਿੱਚ ਮਾਨਸਾ ਜ਼ਿਲ੍ਹੇ ‘ਚ 198 ਥਾਵਾਂ ਉੱਤੇ ਸਰਵੇਖਣ ਕੀਤਾ ਗਿਆ ਹੈ ਅਤੇ ਹੁਣ ਤੱਕ ਗੁਲਾਬੀ ਸੁੰਡੀ ਦਾ ਕੋਈ ਵੀ ਹੌਟਸਪੌਟ ਸਾਹਮਣੇ ਨਹੀਂ ਆਇਆ ਹੈ। ਚਿੱਟੀ ਮੱਖੀ ਦੇ ਨੁਕਸਾਨ ਸਬੰਧੀ ਈਕੋਨੋਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਉੱਪਰ ਵਾਲੇ ਸਿਰਫ਼ ਤਿੰਨ ਸਥਾਨ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਇਸ ਦੇ ਨਿਰੰਤਰ ਸਰਵੇਖਣ ਲਈ ਸੰਯੁਕਤ ਡਾਇਰੈਕਟਰ ਰੈਂਕ ਦੇ ਦੋ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਸਰਵੇਖਣ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ 52 ਟੀਮਾਂ ਵੱਲੋਂ 274 ਖੇਤਾਂ ਦਾ ਸਰਵੇਖਣ ਕੀਤਾ ਗਿਆ ਜਦੋਂਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 15 ਪੈਸਟ ਸਰਵੇਲੈਂਸ ਟੀਮਾਂ ਵੱਲੋਂ 126 ਖੇਤਾਂ ਦਾ ਸਰਵੇਖਣ ਕੀਤਾ ਗਿਆ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 27 ਸਰਵੇਲੈਂਸ ਟੀਮਾਂ ਵੱਲੋਂ 163 ਖੇਤਾਂ ਦਾ ਅਤੇ ਮਾਨਸਾ ਜ਼ਿਲ੍ਹੇ ਵਿੱਚ 13 ਟੀਮਾਂ ਵੱਲੋਂ 198 ਖੇਤਾਂ ਵਿੱਚ ਸਰਵੇਖਣ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਪੂਰੇ ਧਿਆਨ ਨਾਲ ਨਿਰੰਤਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਲੋੜ ਪੈਣ ‘ਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਰਮਾ ਪੱਟੀ ਦੇ ਕਿਸਾਨਾਂ ਨੂੰ ਫ਼ਸਲ ਦੇ ਝਾੜ ਨੂੰ ਵਧਾਉਣ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਫ਼ਸਲ ਦੀ ਸਿੰਜਾਈ ਕਰਨ ਲਈ ਲਗਾਤਾਰ ਸਲਾਹ ਦਿੱਤੀ ਜਾ ਰਹੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਰਮੇ ਦੇ ਖੇਤਾਂ ਦਾ ਨਿਯਮਤ ਸਰਵੇਖਣ ਕਰਨ ਦੇ ਨਾਲ ਨਾਲ ਜਿੱਥੇ ਵੀ ਲੋੜ ਹੋਵੇ, ਆਪਣੀ ਮੌਜੂਦਗੀ ਵਿੱਚ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਯਕੀਨੀ ਬਣਵਾਉਣ।