Wednesday, November 13, 2024
spot_img
spot_img
spot_img

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਯੈੱਸ ਪੰਜਾਬ
ਚੰਡੀਗੜ੍ਹ, 12 ਨਵੰਬਰ, 2024

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਸੌਂਦ ਨੇ ਕਿਹਾ ਕਿ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਉਦਯੋਗ ਮੰਤਰੀ ਨੇ ਕਿਹਾ ਕਿ ਯਕਮੁਸ਼ਤ ਯੋਜਨਾ (ਓਟੀਐਸ) ਤੇ ਕੁਝ ਨੀਤੀਗਤ ਫੈਸਲੇ ਅਜਿਹੇ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਤੇ ਦਿਸ਼ਾ-ਨਿਰਦੇਸ਼ ਜ਼ਰੂਰੀ ਹਨ, ਇਸ ਲਈ ਅਜਿਹੀਆਂ ਕੁਝ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਦਾ ਹੱਲ ਕੱਢਿਆ ਜਾਵੇਗਾ।

ਸੌਂਦ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਉਦਯੋਗਪਤੀਆਂ ਲਈ ਹੋਰ ਬੇਹਤਰ ਤੇ ਢੁਕਵਾਂ ਮਾਹੌਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਸੁਖਾਵਾਂ ਤਾਲਮੇਲ ਸਥਾਪਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਦਯੋਗਪਤੀਆਂ ਨੇ ਪੀਐਸਆਈਈਸੀ ਨਾਲ ਜੁੜੇ ਕੁਝ ਮਸਲੇ ਤੇ ਸੁਝਾਅ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਉਦਯੋਗ ਮੰਤਰੀ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦਾ ਪੜਾਅਵਾਰ ਰੱਖ-ਰਖਾਅ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਦਯੋਗਿਕ ਖੇਤਰਾਂ ਅਤੇ ਪਲਾਟਾਂ ਦੀ ਦੇਖਰੇਖ ਤੇ ਇਨ੍ਹਾਂ ਬਾਬਤ ਜੁੜੇ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।

ਸੌਂਦ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਕਾਰਜਭਾਰ ਸੰਭਾਲਿਆ ਹੈ, ਉਹ ਲਗਾਤਾਰ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਸਨਅਤੀ ਖੇਤਰ ਦੀ ਉੱਨਤੀ ਤੇ ਤਰੱਕੀ ਲਈ ਸਾਰਥਕ ਨੀਤੀਆਂ ਤੇ ਯੋਜਨਾਵਾਂ ਲਿਆਂਦੀਆਂ ਜਾ ਸਕਣ। ਉਨ੍ਹਾਂ ਉਦਯੋਗਪਤੀਆਂ ਨੂੰ ਪੂਰਣ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਪਤੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਜਾਂ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਪੰਜਾਬ ਸਰਕਾਰ ਪੂਰਣ ਸਹਿਯੋਗ ਕਰੇਗੀ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੀਐਸਆਈਈਸੀ ਦੇ ਐਮਡੀ ਵਰਿੰਦਰ ਕੁਮਾਰ ਸ਼ਰਮਾ ਅਤੇ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਦੇ ਨੁਮਾਇੰਦੇ ਅਤੇ ਨਾਮੀਂ ਉਦਯੋਗਪਤੀ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ

error: Content is protected !!