ਯੈੱਸ ਪੰਜਾਬ
ਨਵੀਂ ਦਿੱਲੀ, 15 ਨਵੰਬਰ, 2024
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ ਜਿਥੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਇਆ ਜਿਥੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਨਾਲ ਸਮਾਜ ਵਿਚੋਂ ਅਗਿਆਨਤਾ ਦਾ ਹਨੇਰਾ ਦੂਰ ਕੀਤਾ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਭ ਤੋਂ ਪਹਿਲਾਂ ਉਪਦੇਸ਼ ਦਿੱਤਾ ਕਿ ’’ਅਵੱਲ ਅੱਲ੍ਹਾ ਨੂਰ ਉਪਾਇਆ ਕੁਦਰਤ ਦੇ ਸਭ ਬੰਦੇ..’’ ਮਤਲਬ ਪਰਮਾਤਮਾ ਇਕ ਹੈ ਤੇ ਸਭ ਉਸ ਦੀ ਜੋਤ ਵਿਚੋਂ ਉਪਜੇ ਬੰਦੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਰਬ ਸਾਂਝੀਵਾਲਤਾ ਦੀ ਗੱਲ ਕੀਤੀ ਤੇ ਸਭ ਨੂੰ ਆਪਸ ਵਿਚ ਇਕਜੁੱਟ ਹੋ ਕੇ ਸਭ ਦੀ ਭਲਾਈ ਦਾ ਸਿਧਾਂਤ ਸਿਖਾਇਆ। ਗੁਰੂ ਸਾਹਿਬ ਨੇ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਦਿੱਤਾ ਤੇ ਆਪ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ 18 ਸਾਲ ਖੇਤੀ ਕਰ ਕੇ ਦੱਸਿਆ ਕਿ ਸਾਡੇ ਵਾਸਤੇ ਆਪ ਆਪਣੇ ਹੱਥੀਂ ਕਿਰਤ ਕਰਨਾ ਸਭ ਤੋਂ ਪਹਿਲਾਂ ਹੈ।
ਉਹਨਾਂ ਕਿਹਾ ਕਿ ਜਦੋਂ ਦੁਨੀਆਂ ਵਿਚ ਨਾ ਕੋਈ ਸਾਧਨ ਸੀ ਤੇ ਨਾ ਕੋਈ ਰਸਤਾ ਸੀ, ਉਦੋਂ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕਰ ਕੇ 34000 ਕਿਲੋਮੀਟਰ ਦਾ ਪੈਂਡਾ ਤੈਅ ਕਰ ਕੇ ਸਮਾਜ ਨੂੰ ਪਰਮਾਤਮਾ ਨਾਲ ਜੋੜਨ ਦਾ ਕੰਮ ਕੀਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਜਿਥੇ ਵੀ ਗਏ, ਉਹਨਾਂ ਨੇ ਗੁਰਬਾਣੀ ਦੀ ਰਚਨਾ ਕੀਤੀ, ਦੀਵਾਨ ਸਜਾਏ ਤੇ ਦੁਨੀਆਂ ਨੂੰ ਅਸਲੀਅਤ ਵਿਖਾਈ ਭਾਵੇਂ ਉਹ ਵਲੀ ਕੰਧਾਰੀ ਹੋਵੇ ਜਾਂ ਫਿਰ ਸੱਜਣ ਠੱਗ ਹੋਵੇ ਸਭ ਗੁਰੂ ਕੇ ਸਿੰਘ ਬਣੇ।
ਸਮਾਗਮ ਵਿਚ ਹਾਜ਼ਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਖ਼ਾਤਬ ਹੁੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਇਹ ਵੀ ਕਿਹਾ ਕਿ ਅੱਜ ਦੇ ਯੁੱਗ ਵਿਚ ਸਿੱਖ ਭਾਈਚਾਰੇ ਨਾਲ ਬਹੁਤ ਧੱਕੇਸ਼ਾਹੀ ਹੋ ਰਹੀ ਹੈ।
ਉਹਨਾਂ ਕਿਹਾ ਕਿ ਸਾਡੇ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਤੇ ਸਰਕਾਰਾਂ ਸਾਡੀ ਗੱਲ ਨਹੀਂ ਸੁਣ ਰਹੀਆਂ ਭਾਵੇਂ ਉਹ ਕੇਂਦਰ ਸਰਕਾਰ ਹੋਵੇ, ਦਿੱਲੀ ਦੀ ਸਰਕਾਰ ਹੋਵੇ ਜਾਂ ਪੰਜਾਬ ਦੀ ਸਰਕਾਰ ਹੋਵੇ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੇ ਭਾਵਨਾਤਮਕ ਭਾਵਨਾਵਾਂ ਵਿਚ ਵਹਿ ਕੇ ਆਪਣੀ ਕੌਮ ਵਾਸਤੇ ਬਦਲੇ ਲੈਣ ਦੇ ਕੰਮ ਕੀਤੇ ਪਰ ਅੱਜ ਸਜ਼ਾਵਾਂ ਪੂਰੀਆਂ ਹੋਣ ਦੇ ਅਨੇਕਾਂ ਸਾਲਾਂ ਬਾਅਦ ਵੀ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ। ਸਮਾਗਮ ਦੌਰਾਨ ਮੰਚ ਸੰਚਾਲਨ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ।
ਸਮਾਗਮ ਵਿਚ ਅਹਿਮ ਸਮਾਜਿਕ, ਰਾਜਨੀਤਕ ਤੇ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।