ਯੈੱਸ ਪੰਜਾਬ
ਚੰਡੀਗੜ੍ਹ, 14 ਨਵੰਬਰ, 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਾਲ ਦਿਵਸ ਮੌਕੇ ਇੱਕ ਨਵੀਨ ਵਿਦਿਅਕ ਪਹਿਲਕਦਮੀ “ਆਰੰਭ” ਦੀ ਸ਼ੁਰੂਆਤ ਕੀਤੀ ਹੈ, ਜਿਸਦਾ ਉਦੇਸ਼ ਸਿੱਖਿਆ ਵਿੱਚ ਮਾਪਿਆਂ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਮੁੱਢਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣਾ ਹੈ।
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ, ਫੇਜ਼-11 ਮੁਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ ਅਤੇ ਸਮਾਗਮ ਦੀ ਮੁੱਖ ਮਹਿਮਾਨ ਚਰਨਪ੍ਰੀਤ ਕੌਰ ਨਾਲ ਇਥੇ 500 ਤੋਂ ਵੱਧ ਲੋਕਾਂ ਦੇ ਇਕੱਠ, ਜਿਨ੍ਹਾਂ ਵਿੱਚ ਚਾਰ ਰਾਜਾਂ ਦੇ ਸਿੱਖਿਆ ਅਧਿਕਾਰੀ ਅਤੇ 20 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਸ਼ਾਮਲ ਸਨ, ਨੂੰ ਸੰਬੋਧਨ ਕਰਦਿਆਂ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖ਼ਲੇ ਦੇ ਮੱਦੇਨਜ਼ਰ ਮੁੱਢਲੀ ਸਿੱਖਿਆ ਦੀ ਮਹੱਤਤਾ ‘ਤੇ ਚਾਨਣਾ ਪਾਇਆ।
ਇਹ ਕਹਿੰਦਿਆਂ ਕਿ ਦਿਮਾਗ ਦਾ 85 ਤੋਂ ਵੱਧ ਵਿਕਾਸ ਛੇ ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ ਮੁੱਢਲੀ ਸਿੱਖਿਆ ਜ਼ਰੀਏ ਬੱਚਿਆਂ ਦੇ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਅਧਿਆਪਕਾਂ ਅਤੇ ਮਾਪਿਆਂ ਦੀ ਸ਼ਮੂਲੀਅਤ ਜ਼ਰੀਏ ਸਕੂਲ ਪੱਧਰ ‘ਤੇ ਇੱਕ ਸਾਰਥਕ ਮਾਹੌਲ ਤਿਆਰ ਕਰਨ ਲਈ ਡਿਜੀਟਲ ਪਲੇਟਫਾਰਮ ਪੇਸ਼ ਕਰਦੀ ਹੈ ਅਤੇ ਵਟਸਐਪ ਗਰੁੱਪਾਂ ਰਾਹੀਂ ਰੁਟੀਨ ਦੀ ਵਿਦਿਅਕ ਸਮੱਗਰੀ ਨੂੰ ਸਾਂਝਾ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਮੁੱਢਲੀ ਸਿੱਖਿਆ ਵਿੱਚ ਮਾਪਿਆਂ ਦੀ ਲਗਾਤਾਰ ਸ਼ਮੂਲੀਅਤ ਨੂੰ ਯਕੀਨੀ ਬਣਾਏਗੀ ਜਿਸ ਨਾਲ ਵਿਸ਼ੇਸ਼ ਕਰਕੇ ਘੱਟ ਆਮਦਨੀ ਵਾਲੇ 3.8 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਵਿਕਾਸ ਕਮਿਸ਼ਨ ਅਤੇ ਰਾਕੇਟ ਲਰਨਿੰਗ ਐਨਜੀਓ ਦੇ ਸਹਿਯੋਗ ਨਾਲ ਸ਼ੁਰੂ ਵਿੱਚ ਅੱਠ ਜ਼ਿਲ੍ਹਿਆਂ ਜਿਵੇਂ ਲੁਧਿਆਣਾ, ਮੋਹਾਲੀ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰਣਨੀਤਕ ਅਮਲ ਬਚਪਨ ਦੀ ਮੁੱਢਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ, ਜਿਸ ਨਾਲ ਪੰਜਾਬ ਨੂੰ ਵਿਦਿਅਕ ਨਵੀਨਤਾ ਦੇ ਖੇਤਰ ਵਿੱਚ ਮੋਹਰੀ ਸਥਾਨ ਮਿਲੇਗਾ।
ਇਸ ਸਮਾਗਮ ਦੀ ਖਾਸ ਗੱਲ ਇਹ ਸੀ ਕਿ ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਚਾਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੱਢਲੀ ਸਿੱਖਿਆ ਵਿੱਚ ਮਨੋਰੰਜਨ-ਅਧਾਰਿਤ ਅਤੇ ਸੰਪੂਰਨ ਵਿਕਾਸ ਪਹੁੰਚ ਨੂੰ ਲਾਗੂ ਕਰਨ ਬਾਰੇ ਆਪਣੀ ਮੁਹਾਰਤ ਸਾਂਝੀ ਕੀਤੀ ਗਈ।
ਸਕੂਲ ਸਿੱਖਿਆ ਮੰਤਰੀ ਨੇ ਮੁੱਢਲੀ ਸਿੱਖਿਆ ਵਿਚ ਬੇਮਿਸਾਲ ਯੋਗਦਾਨ ਲਈ 40 ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ।
ਆਪਣੇ ਸੰਬੋਧਨ ਵਿੱਚ ਡਾ: ਅਮਨਿੰਦਰ ਕੌਰ (ਪੀਸੀਐਸ), ਡਾਇਰੈਕਟਰ, ਐਸ.ਸੀ.ਈ.ਆਰ.ਟੀ., ਪੰਜਾਬ ਨੇ ਕਿਹਾ ਕਿ ਅਰੰਭ ਪ੍ਰੋਗਰਾਮ, ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਇੱਕ ਪੁਲ ਦਾ ਕੰਮ ਕਰਦਿਆਂ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹਰ ਬੱਚੇ ਨੂੰ ਘਰ ਅਤੇ ਸਕੂਲ ਦੋਵੇਂ ਥਾਵਾਂ ‘ਤੇ ਮੁੱਢਲੀ ਸਿੱਖਿਆ ਮਿਲੇ।