Sunday, January 12, 2025
spot_img
spot_img
spot_img
spot_img

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 19 ਨਵੰਬਰ, 2024

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ 890 ਗ੍ਰਾਮ ਪੰਚਾਇਤਾਂ ਵਿੱਚੋਂ 5443 ਪੰਚਾਂ ਨੂੰ ਕੈਬਨਿਟ ਮੰਤਰੀ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨ੍ਹਾਂ ਕਰਵਾਈਆਂ ਗਈਆਂ ਸਨ। ਇਸ ਕਦਮ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਸੀਨੀਅਰ ‘ਆਪ’ ਆਗੂ ਸਟੀਫਨ ਕਲੇਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਮੀਟਿੰਗਾ ਕਰਕੇ ਪੰਚਾਇਤੀ ਫੈਸਲਿਆਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਚ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਕੇ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ।

ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਜ਼ਿਲ੍ਹੇ ਦੀਆਂ 195 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ, ਜਿਸ ਨਾਲ ਲੋਕਤੰਤਰ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੀ ਹੈ। ਸ਼੍ਰੀ ਮਹਿੰਦਰ ਭਗਤ ਨੇ ਇਨ੍ਹਾਂ ਪੰਚਾਇਤ ਮੈਂਬਰਾਂ ਨੂੰ ਵੀ ਹਾਰਦਿਕ ਵਧਾਈ ਦਿੱਤੀ। ਸ਼੍ਰੀ ਭਗਤ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਕਈ ਮੰਤਰੀਆਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਪੰਚਾਇਤੀ ਚੋਣਾਂ ਤੋਂ ਕੀਤੀ ਹੈ ਅਤੇ ਨਵੀਆਂ ਬੁਲੰਦੀਆਂ ਹਾਸਲ ਕੀਤੀਆਂ।

ਉਨ੍ਹਾਂ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ, ਖਾਸ ਕਰ ਪੰਚਾਇਤੀ ਫੈਸਲਿਆਂ ਵਿੱਚ ਪਾਰਦਰਸ਼ਤਾ ਲਈ ਗ੍ਰਾਮ ਸਭਾ ਦੀਆਂ ਮੀਟਿੰਗਾਂ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ‘ਆਪ’ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ।

ਇਸ ਤੋਂ ਪਹਿਲਾਂ ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਨੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਸਹੁੰ ਚੁੱਕ ਸਮਾਗਮ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੇ ਕੰਮਕਾਜ ਵਿੱਚ ਮਦਦ ਕਰਨਗੇ। ਇਸ ਮੌਕੇ ਸੀਨੀਅਰ ਆਪ ਆਗੂ ਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਹਲਕਾ ਇੰਚਾਰਜ ਆਦਮਪੁਰ ਜੀਤ ਲਾਲ ਭੱਟੀ, ਹਲਕਾ ਇੰਚਾਰਜ ਸ਼ਾਹਕੋਟ ਪਰਮਿੰਦਰ ਸਿੰਘ ਪੰਡੋਰੀ ਅਤੇ ਹਲਕਾ ਇੰਚਾਰਜ ਫਿਲੌਰ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਵੀ ਸੰਬੋਧਨ ਕੀਤਾ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਤੇ ਬੁੱਧੀਰਾਜ ਸਿੰਘ, ਐਸ.ਡੀ.ਐਮਜ਼ ਅਮਨਪਾਲ ਸਿੰਘ, ਲਾਲ ਵਿਸ਼ਵਾਸ ਬੈਂਸ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ