ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, ਜੁਲਾਈ 1, 2024
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਸੰਸਦ ਵਿੱਚ ਆਪਣਾ ਪਹਿਲਾ ਭਾਸ਼ਣ ਦਿੱਤਾ।
ਮੀਤ ਹੇਅਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੇ ਪ੍ਰਤੀਨਿਧੀ ਵਜੋਂ ਲੋਕ ਸਭਾ ਵਿੱਚ ਭੇਜਣ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵੀ ਉਠਾਇਆ।
ਮੀਤ ਹੇਅਰ ਨੇ ‘ਰਾਸ਼ਟਰਪਤੀ ਭਾਸ਼ਣ’ ‘ਤੇ ਬਹਿਸ ‘ਚ ਹਿੱਸਾ ਲੈਂਦਿਆਂ ਦੁੱਖ ਪ੍ਰਗਟ ਕੀਤਾ ਕਿ ਸੰਬੋਧਨ ‘ਚ ਪੰਜਾਬ ਦਾ ਨਾਂ ਤੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਵਿੱਚ ਪੰਜਾਬੀਆਂ ਨੇ 80 ਫੀਸਦੀ ਯੋਗਦਾਨ ਪਾਇਆ, ਬਟਵਾਰੇ ਵੇਲੇ ਦੁੱਖ ਝੱਲੇ, ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਅੰਨ ਭੰਡਾਰ ਭਰਿਆ ਅਤੇ ਪੰਜਾਬੀ ਖਿਡਾਰੀ ਹਰ ਤਰ੍ਹਾਂ ਦੀਆਂ ਖੇਡਾਂ ਵਿੱਚ ਲਗਾਤਾਰ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।
ਮੀਤ ਹੇਅਰ ਨੇ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਗੁਆਂਢੀ ਰਾਜਾਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ‘ਤੇ ਵਾਧੂ ਦਬਾਅ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਆਰਡੀਐਫ ਦੇ ਰੋਕੇ ਗਏ 8,000 ਕਰੋੜ ਰੁਪਏ ਜਾਰੀ ਕਰਨ ਦੀ ਵੀ ਮੰਗ ਕੀਤੀ।
ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਅਗਨੀਵੀਰ ਸਕੀਮ ਦੀ ਆਲੋਚਨਾ ਕਰਦਿਆਂ ਮੁਲਾਜ਼ਮਾਂ ਦੀ ਭਲਾਈ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਵੀ ਕੀਤੀ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੱਕ ਮਾਣਮੱਤਾ ਸੂਬਾ ਹੈ। ਪੰਜਾਬੀ ਭੀਖ ਨਹੀਂ ਮੰਗਦੇ ਪਰ ਆਪਣੇ ਹੱਕਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਹਨ। ਸਾਡੇ ਕਿਸਾਨਾਂ ਨੂੰ ਆਪਣੀ ਚੁਣੀ ਹੋਈ ਸਰਕਾਰ ਨੂੰ ਮਿਲਣ ਅਤੇ ਆਪਣੇ ਹੱਕ ਮੰਗਣ ਲਈ ਹਰਿਆਣਾ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਮੀਤ ਹੇਅਰ ਨੇ ਕਿਹਾ ਕਿ ਭਾਰਤ ਨੂੰ ਆਤਮ ਨਿਰਭਰ ਬਣਾਉਣ ਦੀਆਂ ਗੱਲਾਂ ਹੋ ਰਹੀਆਂ ਹਨ। ਪੰਜਾਬ ਦੇ ਕਿਸਾਨਾਂ ਨੇ ਭਾਰਤ ਨੂੰ ਅਨਾਜ ਵਿੱਚ ਆਤਮ ਨਿਰਭਰ ਬਣਾ ਦਿੱਤਾ ਹੈ।
ਜਦੋਂ ਦੇਸ਼ ਨੂੰ ਅਮਰੀਕਾ ਵਰਗੀਆਂ ਤਾਕਤਾਂ ਤੋਂ ਮਦਦ ਮੰਗਣੀ ਪਈ ਤਾਂ ਸਾਡੇ ਪੰਜਾਬ ਨੇ ਹਰੀ ਕ੍ਰਾਂਤੀ ਲਿਆ ਕੇ ਭਾਰਤ ਨੂੰ ਆਤਮ ਨਿਰਭਰ ਬਣਾ ਦਿੱਤਾ। ਇਸ ਲਈ ਸਾਨੂੰ ਕੀਮਤ ਚੁਕਾਉਣੀ ਪਈ। ਸਾਡੀ ਧਰਤੀ ਜ਼ਹਿਰੀਲੀ ਹੋ ਗਈ।
ਸਾਡੇ ਪੰਜਾਬ ਦੇ ਪਾਣੀ ਦਾ ਪੱਧਰ 400 ਤੋਂ 500 ਫੁੱਟ ਤੱਕ ਹੇਠਾਂ ਚਲਾ ਗਿਆ ਹੈ। ਦੁੱਖ ਦੀ ਗੱਲ ਇਹ ਹੈ ਕਿ ਹਰੀ ਕ੍ਰਾਂਤੀ ਲਿਆਉਣ ਵਾਲੇ ਕਿਸਾਨਾਂ ਨੂੰ ਅੱਜ ਦਿੱਲੀ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਹ ਸੜਕਾਂ ‘ਤੇ ਸਰਹੱਦਾਂ ‘ਤੇ ਬੈਠੇ ਹਨ।